ਅੰਮ੍ਰਿਤਸਰ 20 ਜੂਨ (ACN) – ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅੱਜ ਨਸ਼ਾ ਛੁਡਾਊ ਅਤੇ ਪੁਨਰਵਾਸ ਕੇਂਦਰ ਅੰਮ੍ਰਿਤਸਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਇੱਥੇ ਇਲਾਜ ਕਰਵਾ ਰਹੇ ਮਰੀਜ਼ਾਂ ਦੀ ਸਿਹਤ ਦਾ ਹਾਲ ਜਾਣਿਆ ਅਤੇ ਨਾਲ ਹੀ ਉਨ੍ਹਾਂ ਨੂੰ ਨਸ਼ੇ ਛੱਡ ਕੇ ਤੰਦਰੁਸਤ ਤੇ ਖ਼ੁਸ਼ਹਾਲ ਜੀਵਨ ਬਸਰ ਕਰਨ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ‘ਯੁੱਧ ਨਸ਼ਿਆਂ ਵਿਰੁੱਧ‘ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਅਵਾਮ ਦੇ ਸਹਿਯੋਗ ਨਾਲ ਰਾਜ ਸਰਕਾਰ ਇਸ ਯੁੱਧ ਵਿੱਚ ਫ਼ਤਿਹ ਹਾਸਲ ਕਰੇਗੀ। ਉਨਾਂ ਇਸ ਮੌਕੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਵਿੱਚ ਅੰਮ੍ਰਿਤਸਰ ਜਿਲ੍ਹੇ ਵਲੋਂ ਕੀਤੀਆਂ ਪਹਿਲਕਦਮੀਆਂ ਦੀ ਸਰਾਹਨਾ ਕਰਦਿਆਂ ਅਧਿਕਾਰੀਆਂ ਦੀ ਪਿੱਠ ਥਾਪੜੀ । ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਵਿਧਾਇਕਾਂ, ਚੇਅਰਮੈਨਾਂ, ਜਨਤਕ ਨੁਮਾਇੰਦਿਆਂ ਤੇ ਅਧਿਕਾਰੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡੇਂਗੂ-ਚਿਕਨਗੁਨੀਆ ਰੋਕਥਾਮ ਅਤੇ ਨਸ਼ਾ ਵਿਰੋਧੀ ਮੁਹਿੰਮ ਦੀ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਾ ਮੁਕਤੀ ਮੁਹਿੰਮ ਤਹਿਤ ਬਹੁਤ ਸਾਰੇ ਵਿਅਕਤੀ ਨਸ਼ਾ ਛੱਡਣ ਦਾ ਮਨ ਬਣਾ ਚੁੱਕੇ ਹਨ ਅਤੇ ਸਿਹਤ ਵਿਭਾਗ ਵੱਲੋਂ ਸਾਰੇ ਮਰੀਜ਼ਾਂ ਦਾ ਮੁਫ਼ਤ ਇਲਾਜ ਕਰਕੇ ਨਸ਼ਾ ਛੁਡਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਚੱਲ ਰਹੇ ਨਸ਼ਾ ਛੁਡਾਊ ਕੇਂਦਰਾਂ ਵਿੱਚ ਮਰੀਜਾਂ ਦੀ ਗਿਣਤੀ ਵਧੀ ਹੈ ਅਤੇ ਅਸੀਂ ਮਾਨਸਿਕ ਰੋਗਾਂ ਦੇ ਮਾਹਿਰ ਡਾਕਟਰਾਂ ਤੇ ਕੌਂਸਲਰਾਂ ਦੀਆਂ ਸੇਵਾਵਾਂ ਵੀ ਲੈ ਰਹੇ ਹਾਂ, ਜੋ ਕਿ ਇਨਾਂ ਨਸ਼ੇ ਦੇ ਰੋਗੀਆਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਵੀ ਕਰਨਗੇ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਮਰੀਜ਼ਾਂ ਦੇ ਇਲਾਜ ਦੇ ਨਾਲ-ਨਾਲ ਉਨ੍ਹਾਂ ਨੂੰ ਯੋਗਾ, ਖੇਡ ਗਤੀਵਿਧੀਆਂ ਅਤੇ ਰੁਜ਼ਗਾਰ ਮੁਖੀ ਸਿਖਲਾਈ ਪ੍ਰੋਗਰਾਮਾਂ ਨਾਲ ਵੀ ਜੋੜਿਆ ਜਾ ਰਿਹਾ ਹੈ। ਉਨ੍ਹਾਂ ਨੂੰ ਸਿਖਲਾਈ ਪ੍ਰਾਪਤ ਸਲਾਹਕਾਰਾਂ ਦੁਆਰਾ ਸਲਾਹ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਹਰ ਵਿਧਾਨ ਸਭਾ ਹਲਕੇ ਵਿੱਚ 5 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ ਜਿਸ ਤਹਿਤ ਇਸ ਯੋਜਨਾ ਰਾਹੀਂ ਪਿੰਡਾਂ ਅਤੇ ਇਲਾਕਿਆਂ ਵਿੱਚ ਬੁਨਿਆਦੀ ਢਾਂਚਾ ਵਿਕਸਤ ਕੀਤਾ ਜਾਵੇਗਾ ਅਤੇ ਸਥਾਨਕ ਪੱਧਰ ‘ਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕੀਤੇ ਜਾਣਗੇ। ਡੇਂਗੂ ਅਤੇ ਚਿਕਨਗੁਨੀਆ ਦੀ ਰੋਕਥਾਮ ਬਾਰੇ ਸਿਹਤ ਮੰਤਰੀ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਦੇ ਮੁਕਾਬਲੇ ਜ਼ਿਲ੍ਹੇ ਵਿੱਚ ਇਨ੍ਹਾਂ ਬਿਮਾਰੀਆਂ ਦੇ ਮਾਮਲਿਆਂ ਵਿੱਚ ਕਾਫ਼ੀ ਕਮੀ ਆਈ ਹੈ। ਉਨ੍ਹਾਂ ਕਿਹਾ ਕਿ ਆਸ਼ਾ ਵਰਕਰਾਂ, ਨਰਸਿੰਗ ਵਿਦਿਆਰਥੀਆਂ ਨੂੰ ਸਿਖਲਾਈ ਦਿੱਤੀ ਗਈ ਹੈ, ਜੋ ਘਰ-ਘਰ ਜਾ ਕੇ ਲੋਕਾਂ ਨੂੰ ਮੱਛਰਾਂ ਦੇ ਲਾਰਵੇ ਅਤੇ ਉਨ੍ਹਾਂ ਦੁਆਰਾ ਫੈਲਣ ਵਾਲੀਆਂ ਬਿਮਾਰੀਆਂ ਬਾਰੇ ਜਾਗਰੂਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਡੇਂਗੂ ਵਿਰੋਧੀ ਗਤੀਵਿਧੀਆਂ ਨੂੰ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇਗਾ, ਵਿਸ਼ੇਸ਼ ਤੌਰ ‘ਤੇ ਹੌਟਸਪੌਟ ਖੇਤਰਾਂ ‘ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀ ਨੂੰ ਹਦਾਇਤ ਕੀਤੀ ਕਿ ਆਸ਼ਾ ਵਰਕਰਾਂ ਅਤੇ ਨਰਸਿੰਗ ਵਿਦਿਆਰਥੀਆਂ ਦੀ ਭਾਗੀਦਾਰੀ ਨੂੰ ਹੋਰ ਵਧਾਇਆ ਜਾਵੇ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਸ਼ਾਨਦਾਰ ਕੰਮ ਲਈ ਸਨਮਾਨਿਤ ਵੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗਾਂ ਦੇ ਕਰਮਚਾਰੀਆਂ ਨੂੰ ਲਾਰਵੇ ਦੀ ਪਛਾਣ ਕਰਨ ਅਤੇ ਇਸਦੇ ਸਰੋਤ ਨੂੰ ਖ਼ਤਮ ਕਰਨ ਦੇ ਉਪਾਵਾਂ ਬਾਰੇ ਜਾਣਕਾਰੀ ਦਿੱਤੀ ਜਾਣੀ ਚਾਹੀਦੀ ਹੈ। ਇਸੇ ਦੌਰਾਨ ਸਿਹਤ ਮੰਤਰੀ ਨੇ ਜਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਉਹ ਜ਼ਿਲ੍ਹੇ ਦੇ ਹਰ ਸ਼ਹਿਰ ਤੇ ਪਿੰਡ ਵਿੱਚ ਪੀਣ ਵਾਲੇ ਪਾਣੀ ਦੀ ਲਗਾਤਾਰ ਸੈਂਪਲਿੰਗ ਕਰਨ। ਉਨ੍ਹਾਂ ਕਿਹਾ ਕਿ ਜਿਹੜੇ ਪਿੰਡਾਂ ਵਿੱਚ ਪਾਣੀ ਸਾਫ਼ ਕਰਨ ਵਾਲੇ ਆਰ.ਓ. ਲੱਗੇ ਹੋਏ ਹਨ ਉਨ੍ਹਾਂ ਦੀ ਸਹੀ ਦੇਖ-ਰੇਖ ਕੀਤੀ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਸਾਰੇ ਆਰ.ਓ. ਸਹੀ ਢੰਗ ਨਾਲ ਕੰਮ ਕਰਦੇ ਹੋਣ। ਉਨ੍ਹਾਂ ਕਿਹਾ ਕਿ ਅਵਾਮ ਨੂੰ ਪੀਣ ਲਈ ਸਾਫ਼ ਤੇ ਸ਼ੁੱਧ ਪਾਣੀ ਮੁਹੱਈਆ ਕਰਵਾਉਣ ਲਈ ਰਾਜ ਸਰਕਾਰ ਵਚਨਬੱਧ ਹੈ ਅਤੇ ਇਸ ਵਿੱਚ ਕਿਸੇ ਤਰਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਸਿਹਤ ਮੰਤਰੀ ਨੂੰ ਜਿਲ੍ਹੇ ਵਿੱਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੌਰਾਨ ਕੀਤੇ ਗਏ ਕੰਮਾਂ ਲਈ ਵਿਸਥਾਰ ਵਿੱਚ ਜਾਣੂੰ ਕਰਵਾਇਆ ਅਤੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਪੂਰੀ ਸੁਹਿਰਦਤਾ ਨਾਲ ਕੰਮ ਕਰ ਰਿਹਾ ਹੈ। ਇਸ ਮੌਕੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ, ਡਾ. ਜਸਬੀਰ ਸਿੰਘ ਸੰਧੂ, ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ, ਪੁਲਿਸ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਭੁੱਲਰ, ਜਿਲ੍ਹਾ ਪੁਲਿਸ ਮੁੱਖੀ ਸ: ਮਨਿੰਦਰ ਸਿੰਘ, ਸਿਵਲ ਸਰਜਨ ਡਾ. ਕਿਰਨਦੀਪ ਕੌਰ, ਲੋਕਸਭਾ ਇੰਚਰਾਜ ਜਸਕਰਨ ਸਿੰਘ ਬੰਦੇਸ਼ਾ, ਚੇਅਰਮੈਨ ਪ੍ਰਭਬੀਰ ਸਿੰਘ ਬਰਾੜ, ਸ: ਬਲਜਿੰਦਰ ਸਿੰਘ ਥਾਂਦੇ, ਸ: ਅਰਵਿੰਦਰ ਸਿੰਘ ਭੱਟੀ ਅਤੇ ਪਾਰਟੀ ਦੇ ਹੋਰ ਸੀਨੀਅਰ ਆਗੂ ਹਾਜ਼ਰ ਸਨ।