ਅੰਮ੍ਰਿਤਸਰ 2 ਜੁਲਾਈ 2025 (ACN):- ਪੰਜਾਬ ਸਰਕਾਰ ਵੱਲੋਂ ਜਿਲਾ ਪ੍ਰਸ਼ਾਸਨ ਅਤੇ ਪੁਲਿਸ ਦੇ ਸਹਿਯੋਗ ਨਾਲ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਅਹੁਦੇਦਾਰਾਂ ਨਾਲ ਕੇਂਦਰੀ ਹਲਕੇ ਦੇ ਪੁਲਿਸ ਅਧਿਕਾਰੀਆਂ ਵੱਲੋਂ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਏ:ਡੀ:ਸੀ:ਪੀ ਸ੍ਰ ਵਿਸ਼ਾਲਜੀਤ ਸਿੰਘ, ਏ:ਸੀ:ਪੀ: ਕੇਂਦਰੀ ਸ੍ਰ ਜਸਪਾਲ ਸਿੰਘ, ਮੁੱਖ ਥਾਣਾ ਅਫਸਰ ਡੀ ਡਵੀਜਨ, ਈ: ਡਵੀਜਨ, ਇਸਲਾਮਾਬਾਦ, ਥਾਣਾ ਗੇਟ ਹਕੀਮਾਂ, ਚੌਂਕੀ ਇੰਚਾਰਜ, ਅੰਨਗੜ੍ਹ ਅਤੇ ਫਤਾਹਪੁਰ ਦੇ ਪੁਲਿਸ ਅਧਿਕਾਰੀਆਂ ਤੋਂ ਇਲਾਵਾ ਨਸ਼ਾ ਮੁਕਤੀ ਮੋਰਚਾ ਸ਼ਹਿਰੀ ਦੇ ਇੰਚਾਰਜ ਸ੍ਰੀ ਦੀਕਸ਼ਤ ਧਵਨ ਅਤੇ ਨਸ਼ਾ ਮੁਕਤੀ ਮੋਰਚਾ ਦੇ ਆਹੁਦੇਦਾਰ ਹਨੀ ਨਾਹਰ, ਵਰੁਣ ਭਗਤ, ਰਾਜੇਸ਼ ਕੁਮਾਰ, ਡਾ: ਪੰਕਜ ਸੋਹੀ ਵੀ ਹਾਜਰ ਸਨ। ਇਸ ਮੌਕੇ ਤੇ ਸ਼੍ਰੀ ਦੀਕਸ਼ਤ ਧਵਨ ਵੱਲੋਂ ਕਿਹਾ ਗਿਆ ਕਿ ਨਸ਼ਾ ਮੁਕਤੀ ਮੋਰਚਾ ਵੱਲੋਂ ਨਸ਼ੇ ਵਿਰੋਧੀ ਲੋਕ ਮੁਹਿੰਮ ਚਲਾਈ ਜਾਵੇਗੀ ਅਤੇ ਹੇਠਲੇ ਪੱਧਰ ਤੱਕ ਆਮ ਲੋਕਾਂ ਤੱਕ ਪਹੁੰਚ ਕਰਕੇ ਨਸ਼ਾ ਛੱਡਣ ਵਾਲੇ ਮਰੀਜ਼ਾਂ ਦੀ ਭਾਲ ਕੀਤੀ ਜਾਵੇਗੀ ਅਤੇ ਉਹਨਾਂ ਦੇ ਇਲਾਜ ਲਈ ਢੁਕਵੇ ਪ੍ਰਬੰਧ ਕਰਵਾਏ ਜਾਣਗੇ।ਉਨ੍ਹਾਂ ਨੇ ਨਸ਼ਾ ਵੇਚਣ ਵਾਲਿਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਨਸ਼ਾ ਤਸਕਰ ਪੰਜਾਬ ਵਿੱਚ ਨਸ਼ਾ ਵੇਚਣਾ ਬੰਦ ਕਰ ਦੇਣ ਜਾਂ ਪੰਜਾਬ ਦੀਆਂ ਜੂਹਾ ਛੱਡ ਜਾਣ। ਉਨ੍ਹਾਂ ਕਿਹਾ ਕਿ ਸਰਕਾਰ ਕਿਸੇ ਵੀ ਨਸ਼ਾ ਤਸਕਰ ਨਹੀਂ ਬਖਸ਼ੇਗੀ। ਸ੍ਰੀ ਦੀਕਸ਼ਤ ਧਵਨ ਨੇ ਦੱਸਿਆ ਕਿ ਸਰਕਾਰ ਵੱਲੋਂ ਨਸ਼ੇ ਤੋਂ ਪੀੜਤ ਲੋਕਾਂ ਦਾ ਨਸ਼ਾ ਛੁਡਾਉ ਕੇਂਦਰਾਂ ਵਿਖੇ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਆਪਣੇ ਪੈਰਾਂ ਤੇ ਖੜ੍ਹਾ ਕਰਨ ਲੲ ਸਕਿੱਲ ਟ੍ਰੇਨਿੰਗ ਵੀ ਮੁਹੱਈਆ ਕਰਵਾਈ ਜਾ ਰਹੀ ਹੈ। ਸ੍ਰੀ ਧਵਨ ਨੇ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਵਿੱਚ ਜਿਹੜੇ ਵੀ ਲੋਕ ਨਸ਼ਾ ਵੇਚਣ ਵਾਲੇ ਵਿਅਕਤੀਆਂ ਸਿਫਾਰਸ਼ ਲਈ ਪੁਲਿਸ ਕੋਲ ਜਾਣਗੇ ਜਾਂ ਅਦਾਲਤ ਵਿੱਚ ਜਮਾਨਤ ਲਈ ਜਾਣਗੇ ਦੇ ਨਾਮ ਜਨਤਕ ਕੀਤੇ ਜਾਣਗੇ ਅਤੇ ਲੋਕਾਂ ਨੂੰ ਅਜਿਹੇ ਲੋਕਾਂ ਦੇ ਸਮਾਜਿਕ ਬਾਈਕਾਟ ਦਾ ਸੱਦਾ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਮੀਟਿੰਗ ਦੌਰਾਨ ਏ:ਡੀ:ਸੀ:ਪੀ ਸ੍ਰ ਵਿਸ਼ਾਲਜੀਤ ਸਿੰਘ ਨੇ ਕਿਹਾ ਕਿ ਪੁਲਿਸ ਵੱਲੋਂ ਲਗਾਤਾਰ ਨਸ਼ਾ ਤਸਕਰਾਂ ਤੇ ਨਜਰ ਰੱਖੀ ਜਾ ਰਹੀ ਹੈ ਅਤੇ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆਂ ਨਹੀਂ ਜਾਵੇਗਾ। ਉਨ੍ਹਾਂ ਨੇ ਆਪਣੇ ਅਧੀਨ ਪੈਂਦੇ ਸਮੂਹ ਪੁਲਿਸ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਤੇ ਖਾਸ ਨਜਰ ਰੱਖੀ ਜਾਵੇ। ਉਨ੍ਹਾਂ ਕਿਹਾ ਕਿ ਸਮੂਹ ਪੁਲਿਸ ਅਧਿਕਾਰੀ ਅਤੇ ਕਰਮਚਾਰੀ ਆਪਣੀ ਡਿਊਟੀ ਬਾਖੂਬੀ ਨਿਭਾ ਰਹੇ ਹਨ।