ਪੰਜਾਬ ਸਰਕਾਰ ਨਸ਼ਿਆਂ ਦੇ ਖਾਤਮੇ ਲਈ ਪੂਰੀ ਤਰ੍ਹਾਂ ਵਚਨਬੱਧ –ਵਿਧਾਇਕ ਸੰਧੂ

ਅੰਮ੍ਰਿਤਸਰ, 23 ਮਈ(ACN):- ਰਾਜ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਨਸ਼ਾ ਮੁਕਤੀ ਯਾਤਰਾ ਦਾ ਮੰਤਵ ਨੂੰ ਸੂਬੇ ਨੂੰ ਨਸ਼ਾ ਮੁਕਤ ਕਰਨਾ ਹੈ। ਇਸ ਲਈ ਜਿਥੇ ਨਸ਼ਾ ਤਸਕਰਾਂ ਦੇ ਖਿਲਾਫ ਵੱਡੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਉਥੇ ਹੀ ਨਸ਼ੇ ਤੋਂ ਪੀੜਤ ਨੌਜਵਾਨਾਂ ਦਾ ਸਹੀ ਇਲਾਜ ਕਰਵਾ ਕੇ ਪੁਨਰਵਾਸ ਵੀ ਕੀਤਾ ਜਾ ਰਿਹਾ ਹੈ। ਨਸ਼ਾ ਮੁਕਤੀ ਯਾਤਰਾ ਦੀ ਅਗਵਾਈ ਕਰਦੇ ਹੋਏ ਹਲਕਾ ਪੱਛਮੀ ਦੇ ਵਿਧਾਇਕ ਡਾ: ਜਸਬੀਰ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਫੈਸਲਾਕੁੰਨ ਲੜਾਈ ਆਰੰਭੀ ਗਈ ਹੈ। ਉਨ੍ਹਾਂ ਦੱਸਿਆ ਕਿ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਢਾਹਿਆ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਜੇਲਾਂ ਅੰਦਰ ਵੀ ਡੱਕਿਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਇਹ ਲੜਾਈ ਸਰਕਾਰ ਜਾਂ ਪੁਲਿਸ  ਦੀ ਨਹੀਂ ਹੈ ਇਸ ਲਈ ਸਾਨੂੰ ਸਾਰਿਆਂ ਨੂੰ ਇਸ ਲੜਾਈ ਦਾ ਹਿੱਸ ਬਣਨਾ ਪਵੇਗਾ। ਵਿਧਾਇਕ ਸੰਧੂ  ਨੇ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਇਸ ਜਹਿਰ ਦਾ ਕਾਰੋਬਾਰ ਬੰਦ ਕਰ ਦੇਣ ਨਹੀਂ ਤਾਂ ਸਲਾਖਾਂ ਪਿਛੇ ਜਾਣ ਲਈ ਤਿਆਰ ਰਹਿਣ। ਡਾ: ਸੰਧੂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਨਸ਼ਾ ਦਾ  ਵਪਾਰ ਕਰਨ ਵਾਲੇ ਲੋਕਾਂ ਦੀ ਜਮਾਨਤ ਨਾ ਦਿੱਤੀ ਜਾਵੇ ਅਤੇ ਉਨ੍ਹਾਂ ਦਾ ਸਮਾਜਿਕ ਬਾਈਕਾਟ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਵਿੱਚ ਸਮਾਜ ਦਾ ਹਰੇਕ ਵਰਗ ਵੱਧ ਚੜ੍ਹ ਕੇ ਹਿੱਸਾ ਲੈ ਰਿਹਾ ਹੈ ਜਿਸ ਤੋਂ ਸਾਬਤ ਹੁੰਦਾ ਹੈ ਕਿ ਲੋਕ ਹੁਣ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹਨ।   ਨਸ਼ਾ ਮੁਕਤੀ ਮੋਰਚੇ ਦੇ ਜਿਲ੍ਹਾ ਕੁਆਰਡੀਨੇਟਰ ਸ੍ਰੀ ਦੀਕਸ਼ਤ ਧਵਨ ਨੇ ਕਿਹਾ ਕਿ ਨਸ਼ਾ ਮੁਕਤੀ ਮੋਰਚੇ ਦੇ ਮਾਝਾ ਜੋਨ ਦੇ ਇ਼ਚਾਰਜ ਮੈਡਮ ਸੋਨੀਆ ਮਾਨ ਵੱਲੋਂ ਲਗਾਤਾਰ ਪਿੰਡਾਂ ਵਿੱਚ ਮੀਟਿੰਗਾਂ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਜਾ ਰਿਹਾ ਹੈ। ਸ੍ਰੀ ਧਵਨ ਨੇ ਕਿਹਾ ਕਿ ਨਸ਼ੇ ਨੂੰ ਜੜੋਂ ਖਤਮ ਕਰਨ ਲਈ ਸਾਨੂੰ ਪਾਰਟੀਬਾਜੀ ਤੋਂ ਉਪਰ ਉਠ ਕੇ ਸਾਰਿਆਂ ਨੂੰ ਇਕ ਜੁਟ ਹੋ ਕੇ ਪ੍ਰਣ ਲੈਣਾ ਪਵੇਗਾ ਤਾਂ ਹੀ ਅਸੀਂ ਆਪਣੀ ਭਵਿੱਖ ਦੀ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾ ਸਕਾਂਗੇ। ਸ੍ਰੀ ਧਵਨ ਨੇ ਦੱਸਿਆ ਕਿ ਨਸ਼ਾ ਮੁਕਤੀ ਮੋਰਚੇ ਵੱਲੋਂ ਸੂਬਾ ਵਾਸੀਆਂ ਲਈ ਹੈਲਪਲਾਈਨ ਨੰਬਰ 98236-00007 ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਇਸ ਨੰਬਰ ਤੇ ਨਸ਼ਾ ਵੇਚਣ ਜਾਂ ਖਰੀਦਣ ਵਾਲਿਆਂ ਸਬੰਧੀ ਜਾਣਕਾਰੀ ਦੇ ਸਕਦਾ ਹੈ ਉਸਦਾ ਨਾਮ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ।