ਅੰਮ੍ਰਿਤਸਰ 27 ਮਈ(ACN):- ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਵਲੋ ਯੁੱਧ ਨਸਿਆਂ ਵਿਰੁੱਧ ਜੋ ਮੁਹਿੰਮ ਸ਼ੁਰੂ ਕੀਤੀ ਗਈ ਹੈ ਉਹ ਤਦ ਤੱਕ ਕਾਮਯਾਬ ਨਹੀ ਹੋ ਸਕਦੀ ਜਦ ਤੱਕ ਸਾਡੇ ਨੋਜਵਾਨ ਇਸਦਾ ਹਿੱਸਾ ਨਹੀ ਬਣਦੇ। ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਨਸ਼ਾ ਮੁਕਤੀ ਮੋਰਚਾ ਮਾਝਾ ਦੇ ਕੋਆਰਡੀਨੇਟਰ ਸੋਨੀਆਂ ਮਾਨ ਨੇ ਬਾਬਾ ਕੁੰਮਾ ਸਿੰਘ ਜੀ ਇੰਜੀਨੀਅਰਿੰਗ ਕਾਲਜ ਅਟਾਰੀ ਵਿਖੇ ਨਸ਼ਿਆਂ ਵਿਰੁੱਧ ਕਰਵਾਏ ਗਏ ਜਾਗਰੂਕਤਾ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਕੀਤਾ। ਸੋਨੀਆ ਮਾਨ ਨੇ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਦੇ ਸਾਰਥਕ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ ਅਤੇ ਇੰਨ੍ਹਾਂ ਯਾਤਰਾਵਾਂ ਵਿਚ ਵੱਡੀ ਗਿਣਤੀ ਵਿਚ ਲੋਕ ਆਪਣੇ ਘਰੋ ਬਾਹਰ ਨਿਕਲੇ ਹਨ ਤੇ ਨਸਿਆਂ ਦੇ ਵਿਰੁੱਧ ਖੜੇ੍ ਹੋਏ ਹਨ। ਉਨ੍ਹਾਂ ਕਿਹਾ ਕਿ ਸਕੂਲਾਂ/ਕਾਲਜਾਂ ਦੇ ਵਿਦਿਆਰਥੀ ਵੀ ਹੁਣ ਅੱਗੇ ਆਏ ਹਨ ਅਤੇ ਆਪਣੇ ਸੂਬੇ ਨੂੰ ਨਸ਼ਾ ਮੁਕਤ ਕਰਨ ਵਿਚ ਸਹਿਯੋਗ ਦੇ ਰਹੇ ਹਨ। ਮੈਡਮ ਸੋਨੀਆ ਮਾਨ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਨਸ਼ੇ ਵਰਗੀਆਂ ਭੈੜੀ ਅਲਾਮਤਾਂ ਤੋ ਦੂਰ ਰਹਿਣ ਅਤੇ ਆਪਣੀ ਪੜਾ੍ਈ ਵੱਲ ਧਿਆਨ ਦੇਣ ਤਾਂ ਹੀ ਉਹ ਅੱਗੇ ਜਾ ਕੇ ਕਾਮਯਾਬ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚੋਂ ਨਸ਼ੇ ਨੂੰ ਜੜ੍ਹੋਂ ਖਤਮ ਕਰਨ ਲਈ ਸਾਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸਾਰਿਆਂ ਨੂੰ ਇੱਕਜੁੱਟ ਹੋ ਕੇ ਪ੍ਰਣ ਕਰਨਾ ਪਵੇਗਾ ਤਾਂ ਹੀ ਅਸੀਂ ਆਪਣੀ ਨੌਜਵਾਨੀ ਨੂੰ ਬਚਾ ਸਕਦੇ ਹਾਂ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ੇ ਨੂੰ ਜੜ੍ਹੋਂ ਖਤਮ ਕਰਨ ਲਈ ਨਸ਼ਾ ਤਸਕਰਾਂ ਵਿਰੁੱਧ ਮਿਸਾਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ ਤਾਂ ਜੋ ਕੋਈ ਵੀ ਅੱਗੇ ਤੋਂ ਨਸ਼ਾ ਤਸਕਰੀ ਦਾ ਕੰਮ ਨਾ ਕਰੇ ਅਤੇ ਪੰਜਾਬ ਨੂੰ ਮੁੜ ਤੋਂ ਸਿਹਤਮੰਦ ਪੰਜਾਬ ਬਣਾਇਆ ਜਾ ਸਕੇ। ਉਹਨਾਂ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਦੇ ਪੰਚਾਇਤ ਵਿਭਾਗ, ਸਿਹਤ ਵਿਭਾਗ, ਪੁਲਿਸ ਵਿਭਾਗ, ਪਿੰਡ ਵਾਸੀਆਂ, ਪਿੰਡ ਪੱਧਰੀ ਸੁਰੱਖਿਆ ਕਮੇਟੀਆਂ, ਯੂਥ ਕਲੱਬਾਂ ਤੇ ਵੱਡੀ ਗਿਣਤੀ ਵਿੱਚ ਲੋਕਾਂ ਦੇ ਸਹਿਯੋਗ ਨਾਲ ਦੇ ਸਾਰਥਿਕ ਸਿੱਟੇ ਨਿਕਲਣੇ ਸ਼ੁਰੂ ਹੋ ਗਏ ਹਨ ਅਤੇ ਜਲਦ ਹੀ ਪੰਜਾਬ ਦੀ ਜਵਾਨੀ ਨੂੰ ਨਸ਼ੇ ਵਰਗੀ ਨਾਮੁਰਾਦ ਬਿਮਾਰੀ ਦੇ ਚੁੰਗਲ ਵਿੱਚੋਂ ਕੱਢ ਕੇ ਆਮ ਜੀਵਨ ਧਾਰਾ ਵਿੱਚ ਲਿਆਂਦਾ ਜਾਵੇਗਾ। ਇਸ ਮੌਕੇ ਸੋਨੀਆ ਮਾਨ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ।ਉਹਨਾਂ ਕਿਹਾ ਕਿ ਅੱਜ ਸਭ ਤੋ ਵੱਡੀ ਲੋੜ ਹੈ ਕਿ ਅਸੀ ਆਪਣੇ ਬੱਚਿਆਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਤੋਂ ਜਾਣੂ ਕਰਵਾਈਏ ਅਤੇ ਗੁਰਬਾਣੀ ਨਾਲ ਜੋੜੀਏ ਤਾਂ ਜੋ ਉਹ ਜ਼ਿੰਦਗੀ ਵਿੱਚ ਸਿੱਧੇ ਰਾਹ ਚੱਲ ਸਕਣ। ਇਸ ਮੌਕੇ ਸੋਨੀਆ ਮਾਨ ਨੇ ਕਿਹਾ ਕਿ ਜੋ ਲੋਕ ਨਸ਼ੇ ਛੱਡਣ ਦੇ ਚਾਹਵਾਨ ਹਨ, ਉਹ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਜਾਂ ਮਾਨਤਾ ਪ੍ਰਾਪਤ ਕੇਂਦਰਾਂ ਤੋਂ ਹੀ ਆਪਣਾ ਇਲਾਜ ਕਰਵਾਉਣ।ਉਨ੍ਹਾਂ ਕਿਹਾ ਕਿ ਨਸ਼ੇ ਛੱਡਣ ਦੇ ਚਾਹਵਾਨ ਮਰੀਜਾਂ ਦਾ ਪੰਜਾਬ ਸਰਕਾਰ ਵੱਲੋਂ ਇਲਾਜ ਕਰਵਾਉਣ ਉਪਰੰਤ ਉਨ੍ਹਾਂ ਦੇ ਮੁੜ ਵਸੇਬੇ ਦੇ ਵੀ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਉਨ੍ਹਾਂ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆ ਵਿਰੁੱਧ ਸਹੁੰ ਵੀ ਚੁਕਵਾਈ ਗਈ। ਸੈਮੀਨਾਰ ਨੂੰ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਕੁਆਡੀਨੇਟਰ ਸ਼੍ਰੀ ਦੀਕਸ਼ਤ ਧਵਨ ਨੇ ਕਿਹਾ ਕਿ ਨਸ਼ਾ ਮੁਕਤੀ ਮੋਰਚੇ ਵਲੋ ਸੂਬਾ ਵਾਸੀਆਂ ਨੂੰ ਹੈਲਪਲਾਈਨ ਨੰ: 98236-00007 ਜਾਰੀ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਇਸ ਨੰਬਰ ਤੇ ਨਸ਼ਾ ਵੇਚਣ ਵਾਲੇ ਜਾਂ ਖਰੀਦਣ ਵਾਲੇ ਦੀ ਜਾਣਕਾਰੀ ਦੇ ਸਕਦਾ ਹੈ ਅਤੇ ਜਾਣਕਾਰੀ ਦੇਣ ਵਾਲੇ ਦਾ ਨਾਂ ਗੁਪਤ ਰੱਖਿਆ ਜਾਵੇਗਾ। ਉਨ੍ਹਾ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੇ ਆਂਢ-ਗੁਆਂਢ ਜੇਕਰ ਕੋਈ ਨਸ਼ਾ ਕਰਦਾ ਹੈ ਤਾਂ ਉਸਦੀ ਸੂਚਨਾ ਗੁਪਤ ਰੂਪ ਵਿਚ ਸਾਂਝੀ ਕਰਨ ਤਾਂ ਜੋ ਉਨ੍ਹਾਂ ਦਾ ਸਹੀ ਇਲਾਜ ਤੇ ਪੁਨਰਵਾਸ ਕੀਤਾ ਜਾ ਸਕੇ। ਇਸ ਸੈਮੀਨਾਰ ਵਿਚ ਸੁਨੀਲ ਕੁਮਾਰ, ਸ਼੍ਰੀ ਵਰੁਣ ਭਗਤ, ਸ਼੍ਰੀ ਨਰਿੰਦਰ ਦੱਤਾ, ਸ਼੍ਰੀ ਹਨੀ ਨਾਹਰ, ਮਸ਼ਹੂਰ ਕਮੇਡੀਅਨ ਘੁੱਲੇ ਸ਼ਾਹ, ਸ਼੍ਰੀ ਪੰਕਜ਼ ਸ਼ਰਮਾ ਤੋ ਇਲਾਵਾ ਕਾਲਜ ਦੀ ਸਾਰੀ ਮੈਨੇਜਮੈਟ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਵੀ ਹ਼ਾਜਰ ਸਨ।